ਕੋਵਿਡ ਵਾਰਡ ’ਚ 100 ਬੈਡਾਂ ਦੀ ਸਮਰੱਥਾ, 5 ਲੈਵਲ- ਮਰੀਜਾਂ ਸਮੇਤ 94 ਕੋਵਿਡ ਦੇ ਮਰੀਜ ਦਾਖਲ
ਉਦਯੋਗ ਮੰਤਰੀ ਵਲੋਂ ਸਿਵਲ ਹਸਪਤਾਲ ਜਾ ਕੇ ਆਕਸੀਜਨ, ਰੇਮਡੇਸਿਵਿਰ ਟੀਕਾ ਅਤੇ ਦਵਾਈਆਂ ਦੀ ਸਥਿਤੀ ਦਾ ਜਾਇਜ਼ਾ ਲਿਆ
ਹੁਸ਼ਿਆਰਪੁਰ (ਦਲਜੀਤ ਅਜਨੋਹਾ)- ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਕੋਵਿਡ ਵਾਰਡ ਵਿਚ ਯਕੀਨੀ ਬਣਾਈਆਂ ਜਾ ਰਹੀਆਂ ਸਹੂਲਤਾਂ ਦੇ ਜਾਇਜ਼ੇ ਦੌਰਾਨ ਕਿਹਾ ਕਿ ਹਸਪਤਾਲ ਵਿਚ ਆਕਸੀਜਨ ਅਤੇ ਦਵਾਈਆਂ ਦੀ ਕੋਈ ਘਾਟ ਨਹੀਂ ਹੈ। ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਸਿਵਲ ਹਸਪਤਾਲ ਵਿਚ ਆਕਸੀਜਨ ਦੇ ਸਟਾਕ ਦੀ ਸਮੀਖਿਆ ਕਰਨ ਅਤੇ ਡਾਕਟਰਾਂ ਨਾਲ ਕੋਵਿਡ ਦੇ ਮਰੀਜ਼ਾਂ ਦੀ ਸਿਹਤਯਾਬੀ ਸਬੰਧੀ ਗੱਲਬਾਤ ਉਪਰੰਤ ਦੱਸਿਆ ਕਿ ਸਿਵਲ ਹਸਪਤਾਲ ਵਿਚ ਹਰ ਵੇਲੇ ਆਕਸੀਜਨ ਦੇ 300 ਸਿਲੰਡਰਾਂ ਦਾ ਇੰਤਜਾਮ ਰੱਖਿਆ ਗਿਆ ਹੈ ਤਾਂ ਜੋ ਕਿਸੇ ਵੀ ਕੋਰੋਨਾ ਮਰੀਜ ਨੂੰ ਆਕਸੀਜਨ ਦੀ ਲੋੜ ਪੈਣ ‘ਤੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸਹੂਲਤਾਂ ਨਾਲ ਲੈਸ 100 ਬੈਂਡਾਂ ਵਾਲੇ ਕੋਵਿਡ ਵਾਰਡ ਵਿੱਚ ਦਾਖਲ ਮਰੀਜਾਂ ਸੰਬੰਧੀ ਸੁੰਦਰ ਸਾਮ ਅਰੋੜਾ ਨੇ ਦੱਸਿਆ ਕਿ ਮੌਜੂਦਾ ਸਮੇਂ ਕੋਵਿਡ ਵਾਰਡ ਵਿੱਚ 94 ਮਰੀਜ ਦਾਖਲ ਹਨ ਜਿਨ੍ਹਾਂ ਵਿੱਚੋਂ 5 ਲੈਵਲ- ਦੇ ਮਰੀਜ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਆਕਸੀਜਨ, ਲੋੜੀਂਦੀਆਂ ਦਵਾਈਆਂ ਅਤੇ ਰੇਮਡੇਸਿਵਿਰ ਟੀਕੇ ਦੀ ਵੀ ਕੋਈ ਘਾਟ ਨਹੀਂ ਹੈ ਅਤੇ ਜਿਲੇ ਵਿੱਚ ਸਿਵਲ ਹਸਪਤਾਲ ਤੋਂ ਇਲਾਵਾ ਕਈ ਨਿੱਜੀ ਹਸਪਤਾਲਾਂ ਵਿੱਚ ਵੀ ਆਕਸੀਜਨ ਅਤੇ ਵੈਂਟੀਲੇਟਰ ਵਾਲੇ ਬੈਂਡਾਂ ਦਾ ਵੀ ਇੰਤਜਾਮ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਹੰਗਾਮੀ ਹਾਲਤ ਨੂੰ ਅਸਰਦਾਰ ਢੰਗ ਨਾਲ ਨਜਿੱਠਿਆ ਜਾ ਸਕੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਦੇ ਮਰੀਜਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਉਪਲਬਧ ਕਰਾਉਣ ਦਾ ਹਵਾਲਾ ਦਿੰਦਿਆਂ ਸੁੰਦਰ ਸਾਮ ਅਰੋੜਾ ਨੇ ਕਿਹਾ ਕਿ ਕੋਵਿਡ ਵਾਰਡ ਵਿੱਚ ਮਰੀਜਾਂ ਦਾ ਇਲਾਜ ਅਤੇ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਰੇਮਡੇਸਿਵਿਰ ਟੀਕਾ ਵੀ ਲਗਾਇਆ ਜਾ ਰਿਹਾ ਹੈ ਜਿਸ ਦੀ ਇੱਥੇ ਕੋਈ ਘਾਟ ਨਹੀਂ ਹੈ। ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਗਈਆਂ ਹਦਾਇਤਾਂ ਬਾਰੇ ਉਦਯੋਗ ਮੰਤਰੀ ਸੁੰਦਰ ਸਾਮ ਅਰੋੜਾ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਅੱਜ ਸਾਨੂੰ ਸਾਰਿਆਂ ਸਹੀ ਢੰਗ ਨਾਲ ਨਾਸਕ ਪਹਿਨ ਕੇ ਰੱਖਣਾ, ਭੀੜ ਵਾਲੀਆਂ ਥਾਵਾਂ ਤੋਂ ਪ੍ਰਹੇਜ ਕਰਨਾ, ਇਕ-ਦੂਜੇ ਤੋਂ ਬਣਦੀ ਦੂਰੀ ਬਣਾ ਕੇ ਰੱਖਣਾ ਅਤੇ ਸਮੇਂ-ਸਮੇਂ ਸਿਰ ਹੱਥ ਧੋਣ ਆਦਿ ਨੁਕਤਿਆਂ ‘ਤੇ ਵਿਸ਼ੇਸ ਤੌਰ ‘ਤੇ ਪਹਿਰਾ ਦੇਣ ਦੀ ਲੋੜ ਹੈ। ਨਾਈਟ ਕਰਫਿਊ ਅਤੇ ਲਾਕਡਾਊਨ ਬਾਰੇ ਸੁੰਦਰ ਸਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਕਦਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਚੁੱਕੇ ਗਏ ਹਨ ਤਾਂ ਜੋ ਕੀਮਤੀ ਜਾਨਾਂ ਨੂੰ ਕੋਵਿਡ ਦੀ ਲਪੇਟ ਵਿੱਚ ਆਉਣ ਤੋਂ ਬਚਾਉਣ ਅਤੇ ਵਾਇਰਸ ਨੂੰ ਸਮੇਂ ਸਿਰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਾ ਜਸਵਿੰਦਰ ਸਿੰਘ ਆਦਿ ਵੀ ਮੌਜੂਦ ਸਨ ।