jalandhar

ਕੋਵਿਡ-19 ਦੇ 5536 ਟੈਸਟਾਂ ਵਿਚੋਂ 4800 ਪਾਏ ਗਏ ਨੈਗੇਟਿਵ- ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ

ਸ਼ਹਿਰ ਦੇ ਵੱਖ ਵੱਖ ਖੇਤਰਾਂ ’ਚ ਅਮਨ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਫਲੈਗ ਮਾਰਚ
ਜਲੰਧਰ 14 ਮਈ (amarjit singh, dalbir singh)- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਖਿਲਾਫ਼ ਚੱਲ ਰਹੀ ਜੰਗ ਦੌਰਾਨ ਜ਼ਿਲ੍ਹੇ ਵਿੱਚ ਲਏ ਗਏ 5536 ਟੈਸਟਾਂ ਵਿਚੋਂ 4800 ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੱਢੇ ਗਏ ਫਲੈਗ ਮਾਰਚ ਦੌਰਾਨ ਦੱਸਿਆ ਕਿ ਹੁਣ ਤੱਕ ਗਲੇ ਰਾਹੀਂ ਲਏ ਗਏ 5536 ਟੈਸਟਾਂ ਵਿਚੋਂ 208 ਟੈਸਟਾਂ ਦੀ ਰਿਪੋਰਟ ਪਾਜ਼ੀਟਿਵ ਅਤੇ 4800 ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਅੱਜੇ ਤੱਕ 369 ਮਰੀਜ਼ਾਂ ਦੀ ਰਿਪੋਰਟ ਆਉਣੀ ਬਾਕੀ ਹੈ ਜਦਕਿ 38 ਮਰੀਜ਼ ਪੂਰੀ ਤਰ੍ਹਾਂ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤ ਕੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ ਅਤੇ ਕਿਸੇ ਵੀ ਮਰੀਜ਼ ਦੀ ਹਾਲਤ ਨਾਜ਼ੁਕ ਨਹੀਂ ਹੈ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ 123 ਟੀਮਾਂ ਵਲੋਂ ਘਰ-ਘਰ ਜਾ ਕੇ ਸਰਵੇ ਕਰਨ ਤਹਿਤ 10579 ਘਰਾਂ ਵਿੱਚ ਜਾ ਕੇ 45898 ਲੋਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 8229 ਵਿਅਕਤੀਆਂ ਨੂੰ ਹੋਮ ਕੁਆਰੰਟੀਨ ਕੀਤਾ ਗਿਆ ਹੈ ਜਿਸ ਵਿਚੋਂ 7208 ਵਿਅਕਤੀਆਂ ਨੇ 14 ਦਿਨ ਦਾ ਹੋਮ ਕੁਆਰੰਟੀਨ ਦਾ ਸਮਾਂ ਪੂਰਾ ਕਰ ਲਿਆ ਹੈ ਅਤੇ 1021 ਲੋਕਾਂ ਦਾ ਕੁਆਰੰਟੀਨ ਸਮਾਂ ਚੱਲ ਰਿਹਾ ਹੈ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਕੋਵਿਡ-19 ਤੋਂ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਖਿਲਾਫ਼ ਜੰਗ ਨੂੰ ਹਰ ਕੀਮਤ ’ਤੇ ਜਿੱਤਿਆ ਜਾਵੇਗਾ।
ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਸਮਾਜਿਕ ਦੂਰੀ, ਮਾਸਕ ਪਹਿਨਣਾ ਅਤੇ ਹੱਥਾਂ ਨੁੂੰ ਧੋਣਾ ਆਦਿ ਨੂੰ ਅਪਣੀ ਆਦਤ ਬਣਾ ਲੈਣ ਅਤੇ ਬਹੁਤ ਹੀ ਜਰੂਰੀ ਹਲਾਤਾਂ ਵਿੱਚ ਘਰਾਂ ਤੋਂ ਬਾਹਰ ਜਾਇਆ ਜਾਵੇ।

Tags