ਸਮਾਰਟ ਵਿਲੇਜ ਸਕੀਮ ਤਹਿਤ 99.76 ਫੀਸਦ ਫੰਡ ਖ਼ਰਚ ਕੇ ਜਲੰਧਰ ਮੋਹਰੀ ਜ਼ਿਲ੍ਹਾ ਬਣਿਆ- ਡਿਪਟੀ ਕਮਿਸ਼ਨਰ

ਸਾਰੇ ਬੀ.ਡੀ.ਪੀ.ਓ ਨੂੰ ਚੱਲ ਰਹੇ ਵਿਕਾਸ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕਰਕੇ ਵਰਤੋਂ ਸਰਟੀਫਿਕੇਟ ਜਮਾਂ ਕਰਵਾਉਣ ਦੇ ਆਦੇਸ਼
ਜਲੰਧਰ (ਅਮਰਜੀਤ ਸਿੰਘ)-: ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਮਾਰਟ ਵਿਲੇਜ ਮੁਹਿੰਮ ਤਹਿਤ ਜਲੰਧਰ ਵਿਖੇ ਪਹਿਲੇ ਪੜਾਅ ਤਹਿਤ 99.76 ਫੀਸਦ ਕੰਮ ਮੁਕੰਮਲ ਕਰਨ ਦੇ ਨਾਲ 2023 ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਕੇ ਜਲੰਧਰ ਸੂਬੇ ਭਰ ਵਿੱਚ ਵਧੀਆ ਕਾਰਗੁਜਾਰੀ ਦਿਖਾਉਣ ਬਦਲੇ ਮੋਹਰੀ ਜ਼ਿਲ੍ਹਾ ਬਣ ਕੇ ਉਭਰਿਆ ਹੈ।
                          ਸੂਬਾ ਸਰਕਾਰ ਦੀ ਅਹਿਮ ਸਕੀਮ ਸਮਾਰਟ ਵਿਲੇਜ ਮੁਹਿੰਮ ਤਹਿਤ ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਵਲੋਂ ਦਿਖਾਈ ਗਈ ਕਾਰਗੁਜ਼ਾਰੀ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਅਧੀਨ ਵਿਕਾਸ ਕਾਰਜਾਂ ਲਈ ਪ੍ਰਾਪਤ ਹੋਏ ਫੰਡਾਂ ਵਿੱਚੋਂ 99.76 ਫੀਸਦ ਫੰਡ ਖ਼ਰਚ ਕੀਤੇ ਜਾ ਚੁੱਕੇ ਹਨ, ਜਦਕਿ ਇਸ ਸਕੀਮ ਤਹਿਤ ਦੂਜੇ ਪੜਾਅ ਅਧੀਨ 149 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਦਿਹਾਤੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇਗਾ।  
                           ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਬਕਾਇਆ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਪਾਸ ਵਰਤੋਂ ਸਰਟੀਫਿਕੇਟ ਜਮਾਂ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਇਸ ਸਕੀਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਵਲੋਂ ਕੀਤੇ ਜਾ ਰਹੇ ਅਣਥੱਕ ਯਤਨ ਸਦਕਾ ਮਿਲੀ ਸਫ਼ਲਤਾ ’ਤੇ ਵਧਾਈ ਦਿੰਦਿਆਂ ਇਸ ਰੁਤਬੇ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕਰਦਿਆਂ ਸ੍ਰੀ ਥੋਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪੂਰੀ ਲਗਨ ਤੇ ਮਿਹਨਤ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜਿਆ ਜਾਵੇ।
                             ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਮਾਰਟ ਵਿਲੇਜ਼ ਮੁਹਿੰਮ ਤਹਿਤ ਪਹਿਲੇ ਅਤੇ ਦੂਜੇ ਪੜਾਅ ਅਧੀਨ 192.16 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ 2991 ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਨਾਂ ਨੂੰ ਇਨਾਂ ਦੋਵਾਂ ਪੜਾਵਾਂ ਤਹਿਤ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਅਧੀਨ ਸ਼ੁਰੂ ਕੀਤੇ ਗਏ ਸਾਰੇ ਕੰਮ ਲਗਭਗ ਮੁਕੰਮਲ ਹੋ ਚੁੱਕੇ ਹਨ ਅਤੇ ਦੂਜੇ ਪੜਾਅ ਅਧੀਨ 339 ਕੰਮ ਵੀ ਮੁਕੰਮਲ ਕੀਤੇ ਜਾ ਰਹੇ ਹਨ।
                           ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਪ੍ਰਗਤੀ ਅਧੀਨ ਕੰਮਾਂ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਤਹਿਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਕੇ ਵਰਤੋਂ ਸਰਟੀਫਿਕੇਟ ਭੇਜੇ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਸ਼ਹਿਰ ਨੂੰ ਪਹਿਲੇ ਪੜਾਅ ਅਧੀਨ 2080.32 ਲੱਖ ਦੇ 128 ਵਿਕਾਸ ਕਾਰਜ ਅਲਾਟ ਕੀਤੇ ਗਏ ਸਨ ਜਿਨਾਂ ਵਿਚੋਂ 1344.64 ਲੱਖ ਦੇ 94 ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀਆਂ ’ਤੇ ਵੱਖ-ਵੱਖ ਪੱਧਰਾਂ ’ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੜਕ ਨਿਰਮਾਣ ਦੇ ਪ੍ਰੋਜੈਕਟਾਂ ਅਧੀਨ ਕੀਤੇ ਜਾਣ ਵਾਲੇ ਕੰਮਾਂ ਨੂੰ ਜਲਦ ਸ਼ੁਰੂ ਕੀਤਾ ਜਾਵੇ ਕਿਉਂਕਿ ਇਹ ਮੌਸਮ ਸੜਕ ਬਣਾਉਣ ਲਈ ਲੋੜੀਂਦਾ ਮਟੀਰੀਅਲ ਵਿਛਾਉਣ ਲਈ ਬਹੁਤ ਢੁਕਵਾਂ ਹੈ। ਸ੍ਰੀ ਥੋਰੀ ਨੇ ਅੱਗੇ ਦੱਸਿਆ ਕਿ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ 6736.93 ਲੱਖ ਦੇ 183 ਕੰਮ ਅਲਾਟ ਕੀਤੇ ਗਏ ਹਨ ਜਿਸ ਵਿਚੋਂ 165 ਪ੍ਰੋਜੈਕਟਾਂ ’ਤੇ ਸ਼ਹਿਰ ਵਿੱਚ ਕੰਮ ਸ਼ੁਰੂ ਹੋ ਚੁੱਕਾ ਹੈ। ਸ੍ਰੀ ਥੋਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਕਿਹਾ ਕਿ ਇਨਾਂ ਵਿਕਾਸ ਪ੍ਰੋਜੈਕਟਾਂ ਦੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਨਿਯਮਤ ਤੌਰ ’ਤੇ ਨਿਗਰਾਨੀ ਕੀਤੀ ਜਾਵੇ।

Post a Comment

0 Comments