ਚੰਡੀਗੜ੍ਹ 19 ਮਾਰਚ (ਅਮਰਜੀਤ ਸਿੰਘ, ਪ੍ਰੀਤਮ ਲੁਧਿਆਣਵੀ)- ਇਕ ਇਤਿਹਾਸਕ ਫੈਸਲਾ ਲੈਂਦਿਆਂ ਪੰਜਾਬ ਮੰਤਰੀ ਮੰਡਲ ਨੇ ਅੱਜ ਆਪਣੀ ਪਹਿਲੀ ਮੀਟਿੰਗ ਵਿਚ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਨੌਜਵਾਨਾਂ ਨੂੰ 25000 ਸਰਕਾਰੀ ਨੌਕਰੀਆਂ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਦੁਪਹਿਰ ਮੁੱਖ ਮੰਤਰੀ ਦਫਤਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਲੇਠੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਇਤਿਹਾਸਕ ਫੈਸਲੇ ਰਾਹੀਂ ਸਰਕਾਰੀ ਖੇਤਰ ਵਿਚ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉਤੇ ਨੌਕਰੀਆਂ ਮੁਹੱਈਆ ਕਰਵਾਉਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ। ਇਨਾਂ 25000 ਸਰਕਾਰੀ ਨੌਕਰੀਆਂ ਵਿੱਚੋਂ 10,000 ਅਸਾਮੀਆਂ ਪੰਜਾਬ ਪੁਲੀਸ ਵਿੱਚ ਭਰੀਆਂ ਜਾਣਗੀਆਂ ਜਦਕਿ 15000 ਨੌਕਰੀਆਂ ਬਾਕੀ ਵਿਭਾਗਾਂ ਵਿਚ ਦਿੱਤੀਆਂ ਜਾਣਗੀਆਂ। ਬੁਲਾਰੇ ਨੇ ਦੱਸਿਆ ਕਿ ਇਨਾਂ ਨੌਕਰੀਆਂ ਦਾ ਇਸ਼ਤਿਹਾਰ ਦੇਣ ਅਤੇ ਨੋਟੀਫਿਕੇਸ਼ਨ ਦੀ ਪ੍ਰਕਿਰਿਆ ਇਕ ਮਹੀਨੇ ਦੇ ਅੰਦਰ ਪੂਰੀ ਹੋਵੇਗੀ। ਮੰਤਰੀ ਮੰਡਲ ਨੇ ਅਗਾਮੀ ਵਿਧਾਨ ਸਭਾ ਇਜਲਾਸ ਵਿਚ ਸਾਲ 2021-22 ਲਈ ਗ੍ਰਾਂਟਾਂ ਵਾਸਤੇ ਅਨੁਪੂਰਕ ਮੰਗਾਂ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਸਾਲ 2021-22 ਦੌਰਾਨ ਵੱਖ-ਵੱਖ ਵਿਭਾਗਾਂ ਦੁਆਰਾਂ ਖਰਚ ਕੀਤੇ ਗਏ ਵਾਧੂ ਖਰਚੇ ਲਈ ਬਜਟ ਮੁਹੱਈਆ ਕਰਵਾਉਣਾ ਹੈ ਤਾਂ ਜੋ ਬਕਾਇਆ ਦੇਣਦਾਰੀਆਂ ਨੂੰ ਨਿਪਟਾਇਆ ਜਾ ਸਕੇ। ਇਸੇ ਤਰਾਂ ਭਾਰਤੀ ਸੰਵਿਧਾਨ ਦੀ ਧਾਰਾ 203 ਦੀ ਉਪ ਧਾਰਾ (3) ਦੇ ਉਪਬੰਧਾਂ ਅਨੁਸਾਰ ਪੰਜਾਬ ਸਰਕਾਰ ਦੇ ਸਾਲ 2021-22 ਦੇ ਖਰਚੇ ਵਾਸਤੇ ਗ੍ਰਾਂਟਾਂ ਦੇਣ ਲਈ ਅਨੁਪੂਰਕ ਮੰਗਾਂ ਵਿਧਾਨ ਸਭਾ ਵਿਚ ਪੇਸ਼ ਕੀਤੀਆਂ ਜਾਣੀਆਂ ਲੋੜੀਂਦੀਆਂ ਹਨ ਜਿਸ ਕਰਕੇ ਮੰਤਰੀ ਮੰਡਲ ਵੱਲੋਂ ਇਹ ਮੰਗਾਂ ਪੇਸ਼ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਇਸੇ ਤਰਾਂ ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਵਿਚ ਕਾਰਜਵਿਧੀ ਅਤੇ ਕਾਰਜ ਸੰਚਾਲਨ ਦੇ ਨਿਯਮਾਂ ਦੇ 164 ਨਿਯਮ ਅਨੁਸਾਰ ਸਾਲ 2022-23 ਲਈ ਸੂਬੇ ਦੇ ਇਕ ਅਪ੍ਰੈਲ, 2022 ਤੋਂ 30 ਜੂਨ, 2022 ਤੱਕ ਦੇ ਅਨੁਮਾਨਿਤ ਖਰਚੇ ਦੇ ਵੇਰਵੇ (ਲੇਖਾ ਅਨੁਦਾਨ) ਵਿਧਾਨ ਸਭਾ ਵਿਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਨਵੇਂ ਬਣੇ 10 ਕੈਬਨਿਟ ਮੰਤਰੀਆਂ ਨੂੰ ਅਹੁਦਾ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਪੰਜਾਬ ਰਾਜ ਭਵਨ ਦੇ ਕੰਪਲੈਕਸ ਵਿਚ ਨਵੇਂ ਬਣੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਚ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਵਿਚ ਹਲਫ ਲੈਣ ਵਾਲੇ ਕੈਬਨਿਟ ਮੰਤਰੀਆਂ ਵਿਚ ਦਿ੍ਰੜਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ, ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ, ਜੰਡਿਆਲਾ ਤੋਂ ਵਿਧਾਇਕ ਹਰਭਜਨ ਸਿੰਘ ਈ.ਟੀ.ਓ, ਮਾਨਸਾ ਤੋਂ ਵਿਧਾਇਕ ਡਾ. ਵਿਜੇ ਸਿੰਗਲਾ, ਭੋਆ ਤੋਂ ਵਿਧਾਇਕ ਲਾਲ ਚੰਦ, ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਸ਼ਾਮਲ ਹਨ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਪ੍ਰੋ-ਟੈੱਮ ਸਪੀਕਰ ਡਾ. ਇੰਦਰਬੀਰ ਸਿੰਘ ਨਿੱਜਰ ਵੀ ਹਾਜ਼ਰ ਸਨ। ਇਨਾਂ ਤੋਂ ਇਲਾਵਾ ਨਵੇਂ ਚੁਣੇ ਆਪ ਵਿਧਾਇਕ, ਪੰਜਾਬ ਭਰ ਤੋਂ ਸੀਨੀਅਰ ਪਾਰਟੀ ਲੀਡਰ, ਵਰਕਰ ਅਤੇ ਵਾਲੰਟੀਅਰ ਅਤੇ ਵੱਖ-ਵੱਖ ਖੇਤਰ ਦੀਆਂ ਸ਼ਖਸੀਅਤਾਂ ਹਾਜ਼ਰ ਸਨ। ਸਮਾਗਮ ਵਿਚ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਨਵੇਂ ਚੁਣੇ ਕੈਬਨਿਟ ਮੰਤਰੀਆਂ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਦੋਸਤ-ਮਿੱਤਰ ਹਾਜ਼ਰ ਸਨ।
0 Comments