35 ਹਜ਼ਾਰ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ


ਚੰਡੀਗੜ੍ਹ 22 ਮਾਰਚ (ਸੂਰਮਾ ਪੰਜਾਬ ਬਿਊਰੌ)- ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਤਿਹਾਸਕ ਫੈਸਲਾ ਲੈਂਦੇ ਹੋਏ 35 ਹਜ਼ਾਰ ਕੱਚੇ ਮੁਲਾਜ਼ਮ ਪੱਕੇ ਕਰਨ ਦਾ ਐਲਾਨ ਕਰ ਦਿੱਤਾ ਹੈ। ਮਾਨ ਨੇ ਕਿਹਾ ਹੈ ਕਿ ਅਸੀਂ ਵਾਅਦਾ ਕੀਤਾ ਸੀ ਤੇ ਹੁਣ ਇਸ ਨੂੰ ਨਿਭਾ ਰਹੇ ਹਾਂ। ਉਨ੍ਹਾਂ ਕਿਹਾ ਕਿ ਠੇਕੇ ਉਤੇ ਕੰਮ ਕਰਦੇ ਇਨ੍ਹਾਂ ਮੁਲਾਜ਼ਮਾਂ ਦੇ ਸਿਰ ਉਤੇ ਹਮੇਸ਼ਾਂ ਨੌਕਰੀ ਤੋਂ ਕੱਢੇ ਜਾਣ ਦੀ ਤਲਵਾਰ ਲਟਕਦੀ ਰਹਿੰਦੀ ਸੀ। ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਜਿਹੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਪਿਛਲ਼ੀ ਕਾਂਗਰਸ ਸਰਕਾਰ ਵੇਲੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ। ਚੰਨੀ ਨੇ ਇਸ ਸਬੰਧੀ ਆਪਣੀ ਵਾਹ-ਵਾਹ ਦੇ ਬੋਰਡ ਵੀ ਲਵਾ ਦਿੱਤੇ ਪਰ ਬਾਅਦ ਵਿਚ ਪਤਾ ਲੱਗਾ ਕਿ ਇਹ ਕਾਰਵਾਈ ਸਿਰੇ ਚੜ੍ਹੀ ਹੀ ਨਹੀਂ ਸੀ। ਇਸ ਸਬੰਧੀ ਫਾਇਲ ਰਾਜਪਾਲ ਕੋਲ ਅੜੀ ਰਹੀ। ਹੁਣ ਮਾਨ ਸਰਕਾਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਗਰੁੱਪ ਸੀ ਅਤੇ ਗਰੁੱਪ ਡੀ ਦੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਸੀ.ਐਮ.ਭਗਵੰਤ ਮਾਨ ਨੇ ਸੀ.ਐਸ ਨੂੰ ਹੁਕਮ ਦਿੱਤੇ ਹਨ ਕਿ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਅਗਲੇ ਸੈਸ਼ਨ ਤੋਂ ਪਹਿਲਾਂ ਖਾਕਾ ਤਿਆਰ ਕਰ ਲਿਆ ਜਾਵੇ। ਅਗਲੇ ਸੈਸ਼ਨ ਵਿੱਚ ਕਾਨੂੰਨ ਲਿਆਂਦਾ ਜਾਵੇਗਾ ਤੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਰਾਹ ਸਾਫ ਹੋ ਜਾਵੇਗਾ।

              ਪੰਜਾਬ ਵਿਧਾਨ ਸਭਾ ਨੇ ਅੱਜ ਸਦਨ ਦੇ ਆਗੂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਕੰਪਲੈਕਸ ਵਿੱਚ ਸ਼ਹੀਦ-ਏ-ਆਜਮ ਭਗਤ ਸਿੰਘ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਉਣ ਲਈ ਪੇਸ਼ ਕੀਤਾ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ।  ਸਦਨ ਵਿੱਚ ਭਗਵੰਤ ਮਾਨ ਨੇ ਕਿਹਾ, ਇੱਕ ਕਰਜ਼ਦਾਰ ਕੌਮ ਵਜੋਂ ਅਸੀਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲ ਸਕਦੇ ਜਿਨਾਂ ਨੇ ਦੇਸ਼ ਦੀ ਆਜਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਸੇ ਤਰਾਂ, ਡਾ. ਬੀ.ਆਰ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਦੇ ਤੌਰ ‘ਤੇ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦੇ ਯੁੱਗ ਵਿੱਚ ਦੇਸ਼ ਦੀ ਕਿਸਮਤ ਨੂੰ ਘੜਿਆ। ਇਨਾਂ ਮਹਾਨ ਆਗੂਆਂ ਨੂੰ ਸਾਡੇ ਸਾਰਿਆਂ ਲਈ ਦੇਸ਼ ਦਾ ਰੋਲ ਮਾਡਲ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨਾਂ ਮਹਾਨ ਆਗੂਆਂ ਦਾ ਜੀਵਨ ਸਾਰੇ ਲੋਕਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨਾਂ ਮਹਾਨ ਸ਼ਖਸੀਅਤਾਂ ਦੀ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸੇ ਤਰਾਂ ਖਾਲਸਾ ਰਾਜ ਦੇ ਬਾਨੀ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਵੀ ਪੰਜਾਬ ਵਿਧਾਨ ਸਭਾ ਦੇ ਕੰਪਲੈਕਸ ਵਿੱਚ ਉਸਾਰਿਆ ਜਾਵੇਗਾ। ਇਸ ਦੌਰਾਨ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਇਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਬੁੱਧਵਾਰ (23 ਮਾਰਚ) ਨੂੰ ਸੂਬੇ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਵੀ ਕੀਤਾ।

             ਪੰਜਾਬ ਸਰਕਾਰ ਵੱਲੋਂ ਸਹੀਦ ਭਗਤ ਸਿੰਘ ਦੇ ਸਹੀਦੀ ਦਿਵਸ ਮੌਕੇ 23 ਮਾਰਚ ਨੂੰ ਗਜਟਿਡ ਛੁੱਟੀ ਸੰਬੰਧੀ ਨੋਟੀਫਿਕੇਸਨ ਜਾਰੀ ਕਰ ਦਿੱਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ 23 ਮਾਰਚ 2022 ਦਿਨ ਬੁੱਧਵਾਰ ਨੂੰ ਸਹੀਦ ਭਗਤ ਸਿੰਘ ਦੇ ਸਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਦੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਗਜਟਿਡ ਛੁੱਟੀ ਕੀਤੀ ਜਾਂਦੀ ਹੈ। ਖੇਡ ਵਿਭਾਗ, ਪੰਜਾਬ ਵੱਲੋਂ 23 ਮਾਰਚ ਨੂੰ ਵਿਭਾਗ ਦੇ ਕੰਡਮ ਪਏ ਸਮਾਨ ਦੀ ਕੀਤੀ ਜਾਣ ਵਾਲੀ ਨਿਲਾਮੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਖੇਡ ਵਿਭਾਗ/ਪੰਜਾਬ ਸਟੇਟ ਸਪੋਰਟਸ ਕੌਂਸਲ ਦਾ ਦਫਤਰ ਹਾਕੀ ਸਟੇਡੀਅਮ, ਸੈਕਟਰ-63, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਸਿਫਟ ਹੋ ਗਿਆ ਹੈ। ਇਸ ਦੇ ਪੁਰਾਣੇ ਦਫਤਰ ਐਸ.ਸੀ.ਓ. ਨੰ. 116-117, ਸੈਕਟਰ 34-ਏ, ਚੰਡੀਗੜ ਵਿਖੇ ਪਏ ਕੰਡਮ ਸਮਾਨ ਦੀ ਨਿਲਾਮੀ ਲਈ ਮਿਤੀ 23 ਮਾਰਚ 2022 ਲਈ ਅਖਬਾਰਾਂ ਵਿੱਚ ਇਸਤਿਹਾਰ ਦਿੱਤਾ ਗਿਆ ਹੈ। ਇਸ ਨਿਲਾਮੀ ਲਈ ਰੱਖੀ ਗਈ ਮਿਤੀ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀ ਜਾਂਦੀ ਹੈ। 

Post a Comment

0 Comments