ਦਾਖ਼ਲਾ ਮਹਾਂ-ਅਭਿਆਨ ਨੂੰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਮਿਲਿਆ ਭਰਵਾਂ ਹੁੰਗਾਰਾ


ਜਲੰਧਰ 10 ਮਾਰਚ (ਅਮਰਜੀਤ ਸਿੰਘ)-
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਦੇ ਮੰਤਵ ਤਹਿਤ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ-ਮਹਾਂਅਭਿਆਨ ਚਲਾਇਆ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਸ਼ਰਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਜਰਨੈਲ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੀਵ ਜੋਸ਼ੀ ਦੀ ਅਗਵਾਈ ਹੇਠ ਇਸ ਮਹਾਂ ਅਭਿਆਨ ਨੂੰ ਜਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਭਰਵਾਂ ਹੁੰਗਾਰਾ ਮਿਲਿਆ। ਸਵੇਰੇ ਅੱਠ ਵਜੇ ਤੋਂ ਸ਼ਾਮ ਅੱਠ ਵਜੇ ਤੱਕ ਚੱਲੇ ਇਸ ਅਭਿਆਨ ਦੌਰਾਨ ਸਮੂਹ ਪ੍ਰਿੰਸੀਪਲ ਸਾਹਿਬਾਨ, ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਵੱਲੋਂ ਉਤਸ਼ਾਹ ਨਾਲ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖ਼ਲੇ ਕੀਤੇ ਗਏ। ਸਕੂਲ ਅਧਿਆਪਕਾਂ ਵਲੋਂ ਸਕੂਲਾਂ ਦੇ ਬਾਹਰ ਹੈਲਪ ਡੈਸਕ ਲਗਾ ਕੇ ਅਤੇ ਘਰ ਘਰ ਜਾ ਕੇ ਦਾਖ਼ਲੇ ਕੀਤੇ ਗਏ। ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਸ਼ਰਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਜਰਨੈਲ ਸਿੰਘ ,ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੀਵ ਜੋਸ਼ੀ , ਪੜ੍ਹੋ ਪੰਜਾਬ ਜ਼ਿਲ੍ਹਾ ਕੋਆਰਡੀਨੇਟਰ ਵਰਿੰਦਰਵੀਰ ਸਿੰਘ ਅਤੇ ਸਮੂਹ ਬੀਐਮਟੀਜ਼ ਵਲੋਂ ਸਰਕਾਰੀ ਸਹਿ-ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ, ਸਰਕਾਰੀ ਪ੍ਰਾਇਮਰੀ ਸਕੂਲ ਹਰਨਾਮ ਦਾਸ ਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਤੀ ਸ਼ੇਖ, ਸਰਕਾਰੀ ਹਾਈ ਸਕੂਲ ਜੰਡੂ ਸਿੰਘਾ ਸਮੇਤ ਵੱਖ ਵੱਖ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਜਿਲ੍ਹੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਵਿੱਦਿਅਕ ਮਾਹੌਲ ਅਤੇ ਸਹੂਲਤਾਂ ਨੂੰ ਦੇਖਦੇ ਹੋਏ ਇਨਾਂ ਸਕੂਲਾਂ ਵਿੱਚ ਦਾਖ਼ਲ ਹੋਣ ਲਈ ਵਿਦਿਆਰਥੀਆਂ ਵਿੱਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲ ਮੁਖੀਆਂ ਅਤੇ ਅਧਿਕਾਰੀਆਂ ਨੂੰ ਦਾਖ਼ਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਵਰਿੰਦਰਵੀਰ ਸਿੰਘ ਨੇ ਇਸ ਮੌਕੇ ਦਾਖ਼ਲਾ ਮੁਹਿੰਮ ਦੀ ਸਮੀਖਿਆ ਕਰਦਿਆਂ ਪੂਰੀ ਵਿਉਂਤਬੰਦੀ ਨਾਲ ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ। ਅੱਜ ਦੇ ਦਾਖ਼ਲਾ ਅਭਿਆਨ ਦੌਰਾਨ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ ਵੱਖ ਸਕੂਲਾਂ ਵਿੱਚ ਪਹੁੰਚ ਕੇ ਬੱਚਿਆਂ ਦੇ ਮਾਤਾ-ਪਿਤਾ ਨਾਲ ਸਕੂਲ ਵਿੱਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਚਰਚਾ ਕੀਤੀ ਗਈ।

Post a Comment

0 Comments