ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ


ਜਲੰਧਰ, 15 ਅਪ੍ਰੈਲ (ਸੂਰਮਾ ਪੰਜਾਬ ਬਿਊਰੌ)- 
ਸੁਖਬੀਰ ਸਿੰਘ ਬਾਦਲ ਵਲੋਂ ਅੱਜ ਇੱਥੇ ਅਕਾਲੀ-ਬਸਪਾ ਉਮੀਦਵਾਰ ਡਾ. ਸੁਖਵਿੰਦਰ ਸੁੱਖੀ ਦੇ ਟਾਂਡਾ ਰੋਡ ਸਾਹਮਣੇ ਕੇ. ਐਮ. ਵੀ ਕਾਲਜ ਵਿਖੇ ਮੁੱਖ ਚੋਣ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਡਾ. ਸੁੱਖੀ ਦੀ ਇਤਿਹਾਸਿਕ ਜਿੱਤ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਸਾਬਤ ਹੋਈ ਹੈ। ਸਾਲ ਬੀਤਣ ਦੇ ਬਾਵਜੂਦ ਅਜੇ ਤੱਕ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੀ ਰਾਸ਼ੀ ਨਹੀਂ ਮਿਲ ਸਕੀ ਹੈ, ਸਗੋਂ ਆਟਾ-ਦਾਲ ਸਕੀਮ ਤਹਿਤ ਰਾਸ਼ਨ ਲੈਣ ਵਾਲੇ ਲੋੜਵੰਦਾਂ ਦੇ ਕਾਰਡ ਹੀ ਕੱਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਨਾਲ ਡਗਮਗਾਈ ਹੋਈ ਹੈ ਤੇ ਲੋਕਾਂ ਅੰਦਰ ਡਰ ਤੇ ਸਹਿਮ ਦਾ ਮਾਹੌਲ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਬਸਪਾ ਗਠਜੋੜ ਸੂਬੇ ਅੰਦਰ ਭਾਈਚਾਰਕ ਸਾਂਝ ਦਾ ਮੁੱਦਈ ਹੈ ਤੇ ਸੂਬੇ 'ਚ ਅਮਨ ਸ਼ਾਂਤੀ ਅਤੇ ਸਥਿਰਤਾ ਤਾਂ ਹੀ ਕਾਇਮ ਰਹਿ ਸਕਦੀ ਹੈ, ਜੇਕਰ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਜਾਵੇ ਪਰ ਮੌਜੂਦਾ ਆਪ ਸਰਕਾਰ ਸਮਾਜ ਅੰਦਰ ਵੰਡੀਆਂ ਪਾਉਣ ਦਾ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਅਸਲ ਵਾਰਸ ਪਾਰਟੀ ਹੈ ਤੇ ਪੰਜਾਬੀਆਂ ਦੀ ਆਪਣੀ ਮਾਂ ਪਾਰਟੀ ਹੈ ਜਦਕਿ ਬਾਕੀ ਸਾਰੀਆਂ ਹੀ ਪਾਰਟੀਆਂ ਦਿੱਲੀ ਤੋਂ ਚੱਲਦੀਆਂ ਤੇ ਉਨ੍ਹਾਂ ਤੋਂ ਪੰਜਾਬ ਦੇ ਭਲੇ ਦੀ ਆਸ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਪਾਰਟੀ ਉਮੀਦਵਾਰ ਡਾ. ਸੁਖਵਿੰਦਰ ਸੁੱਖੀ ਨੂੰ ਵੱਧ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿਤਾਉਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਆਪ ਨੂੰ ਸਬਕ ਸਿਖਾਉਣ ਦਾ ਹੁਣ ਪੰਜਾਬੀਆਂ ਦੇ ਕੋਲ ਸੁਨਹਿਰੀ ਮੌਕਾ ਹੈ, ਜਿਸ ਨੂੰ ਹੱਥ 'ਚੋਂ ਨਹੀਂ ਜਾਣ ਦਿੱਤਾ ਜਾਣਾ ਚਾਹੀਦਾ। ਇਸ ਮੌਕੇ ਪਾਰਟੀ ਉਮੀਦਵਾਰ ਡਾ. ਸੁਖਵਿੰਦਰ ਸੁੱਖੀ, ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਪੰਜਾਬ ਦੇ ਇੰਚਾਰਜ ਅਵਤਾਰ ਸਿੰਘ ਕਰੀਮਪੁਰੀ, ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਅਨਿਲ ਜੋਸ਼ੀ, ਐਡਵੋਕੇਟ ਬਲਵਿੰਦਰ ਕੁਮਾਰ, ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਕਾਹਲੋਂ, ਪਰਮਜੀਤ ਸਿੰਘ ਰੇਰੂ, ਪਰਮਜੀਤ ਕੌਰ ਲਾਂਡਰਾਂ, ਚੰਦਨ ਗਰੇਵਾਲ, ਸੁਖਦੀਪ ਸਿੰਘ ਸੁਕਾਰ, ਗੁਰਦੀਪ ਸਿੰਘ ਰਾਵੀ, ਮਨਿੰਦਰਪਾਲ ਸਿੰਘ ਗੁੰਬਰ, ਰਣਜੀਤ ਸਿੰਘ ਰਾਣਾ, ਚਰਨਜੀਵ ਸਿੰਘ ਲਾਲੀ, ਅਵਤਾਰ ਸਿੰਘ ਘੁੰਮਣ, ਭਜਨ ਲਾਲ ਚੋਪੜਾ, ਗੁਰਪ੍ਰੀਤ ਸਿੰਘ ਗੋਪੀ ਰੰਧਾਵਾ, ਅਮਰਪ੍ਰੀਤ ਸਿੰਘ ਮੋਂਟੀ, ਸੁਭਾਸ਼ ਸੋਂਧੀ, ਸਤਿੰਦਰ ਸਿੰਘ ਪੀਤਾ, ਅੰਮਿ੍ਤਬੀਰ ਸਿੰਘ, ਰਵਿੰਦਰ ਸਿੰਘ ਸਵੀਟੀ, ਇੰਦਰਜੀਤ ਸਿੰਘ ਸੋਨੂੰ ਆਦਿ ਮੌਜੂਦ ਸਨ। 

Post a Comment

0 Comments