ਜਲੰਧਰ ਦੇ ਲੋਕਾਂ ਦੀ ਸੇਵਾ ਕਰਦੇ ਰਹਾਂਗੇ ਤੇ ਹਰ ਪਲੇਟਫਾਰਮ 'ਤੇ ਉਹਨਾਂ ਦੀ ਆਵਾਜ਼ ਬੁਲੰਦ ਕਰਦੇ ਰਹਾਂਗੇ: ਕਰਮਜੀਤ ਕੌਰ ਚੌਧਰੀ
ਜਲੰਧਰ 14 ਮਈ (ਅਮਰਜੀਤ ਸਿੰਘ)- ਜਲੰਧਰ ਤੋਂ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਐਤਵਾਰ ਨੂੰ ਕਿਹਾ ਕਿ ਪਾਰਟੀ ਜ਼ਿਮਨੀ ਚੋਣ ਨਤੀਜਿਆਂ ਤੋਂ ਸਬਕ ਸਿੱਖੇਗੀ ਅਤੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਚ ਮਜ਼ਬੂਤੀ ਨਾਲ ਵਾਪਸੀ ਕਰੇਗੀ। ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਅਤੇ ਜਲੰਧਰ (ਸ਼ਹਿਰੀ) ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਜਿੰਦਰ ਬੇਰੀ ਦੇ ਨਾਲ ਆਪਣੇ ਨਿਵਾਸ ਸਥਾਨ 'ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਰਮਜੀਤ ਚੌਧਰੀ ਨੇ ਜ਼ਿਮਨੀ ਚੋਣ ਦੌਰਾਨ ਲੋਕਾਂ ਵੱਲੋਂ ਦਿੱਤੇ ਸਮਰਥਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਕਾਂਗਰਸ ਪਾਰਟੀ ਚੋਣ ਪ੍ਰਚਾਰ ਦੌਰਾਨ ਰਹੀਆਂ ਕਮੀਆਂ ਪੇਸ਼ੀਆਂ ਨੂੰ ਸੁਧਾਰੇਗੀ ਅਤੇ ਅਗਲੇ ਸਾਲ ਜ਼ੋਰਦਾਰ ਢੰਗ ਨਾਲ ਵਾਪਸੀ ਕਰੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਜਲੰਧਰ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ ਤੇ ਹਰ ਪਲੇਟਫਾਰਮ 'ਤੇ ਉਹਨਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ।
ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪਾਰਟੀ ਪ੍ਰਧਾਨਾਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸਮੇਤ ਹੋਰ ਸੀਨੀਅਰ ਨੇਤਾਵਾਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜਿਸ ਜਲੰਧਰ ਲੋਕ ਸਭਾ ਸੀਟ ਦੀ ਨੁਮਾਇੰਦਗੀ ਉਹਨਾਂ ਦੇ ਪਤੀ ਸਵਰਗੀ ਸੰਤੋਖ ਸਿੰਘ ਚੌਧਰੀ ਨੇ ਕੀਤੀ ਸੀ, ਪਾਰਟੀ ਨੇ ਉਸੇ ਹਲਕੇ ਦੀ ਜ਼ਿਮਨੀ ਚੋਣ ਲਈ ਮੈਨੂੰ ਆਪਣੇ ਉਮੀਦਵਾਰ ਵਜੋਂ ਨੁਮਾਇੰਦਗੀ ਕਰਨ ਦੀ ਜ਼ਿੰਮੇਵਾਰੀ ਦੇ ਕੇ ਮੇਰੇ 'ਤੇ ਅਥਾਹ ਵਿਸ਼ਵਾਸ ਜਤਾਇਆ ਅਤੇ ਮੈਨੂੰ ਬੇਹੱਦ ਮਾਣ ਬਖਸ਼ਿਆ।
0 Comments