ਡਿਪਟੀ ਕਮਿਸ਼ਨਰ ਨੇ ਡੇਂਗੂ ਦੀ ਮੌਜੂਦਾ ਸਥਿਤੀ ਦਾ ਲਿਆ ਜਾਇਜ਼ਾ


ਫਗਵਾੜਾ 30 ਅਗਸਤ (ਸ਼ਿਵ ਕੋੜਾ)
ਸ਼ਹਿਰ ਵਿਚ ਡੇਂਗੂ ਦੇ ਫੈਲਾਅ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਅੱਜ ਇੱਥੇ ਪਹੁੰਚ ਕੇ ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਮੌਜੂਦਾ ਸਥਿਤੀ ਦੀ ਜਾਣਕਾਰੀ ਲੈਣ ਉਪਰੰਤ ਕਿਹਾ ਕਿ ਸਿਹਤ ਵਿਭਾਗ, ਨਗਰ ਨਿਗਮ ਦੀਆਂ ਟੀਮਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਜਲਦ ਹੀ ਡੇਂਗੂ ’ਤੇ ਕਾਬੂ ਪਾ ਲਿਆ ਜਾਵੇਗਾ ਨਗਰ ਨਿਗਮ ਦੇ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ.ਡੀ.ਐਮ. ਜੈ ਇੰਦਰ ਸਿੰਘ, ਸਿਵਲ ਸਰਜਨ ਡਾ.ਰਾਜਵਿੰਦਰ ਕੌਰ ਅਤੇ ਐਸ.ਐਮ.ਓ ਲਹਿੰਬਰ ਰਾਮ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਪ੍ਰਸ਼ਾਸਨ ਅਤੇ ਵੱਖ-ਵੱਖ ਟੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਆਲੇ-ਦੁਆਲੇ ਅਤੇ ਵੱਖ-ਵੱਖ ਚੀਜ਼ਾਂ ਵਿਚ ਪਾਣੀ ਇਕੱਠਾ ਨਾ ਹੋਣ ਨੂੰ ਹਰ ਹਾਲ ਯਕੀਨੀ ਬਣਾਉਣ ਤਾਂ ਜੋ ਡੇਂਗੂ ਦੇ ਫੈਲਾਅ ਨੂੰ ਜਲਦ ਤੋਂ ਜਲਦ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਵੱਖ-ਵੱਖ ਟੀਮਾਂ ਦੀ ਕਾਰਗੁਜਾਰੀ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਟੀਮਾਂ ਵਲੋਂ ਸ਼ਹਿਰ ਦੇ ਖੇਤਰਾਂ ਵਿਚ ਫੌਗਿੰਗ ਅਤੇ ਸਪਰੇਅ ਦਾ ਛਿੜਕਾਅ ਕਰਨ ਵੇਲੇ ਲੋਕ ਉਨ੍ਹਾਂ ਨੂੰ ਪੂਰਨ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਫੌਗਿੰਗ ਸਮੇਂ ਲੋਕ ਆਪਣੇ ਘਰਾਂ ਦੇ ਦਰਵਾਜੇ ਆਦਿ ਖੁੱਲ੍ਹੇ ਰੱਖਣ ਤਾਂ ਜੋ ਫੌਗਿੰਗ ਦਾ ਵੱਧ ਤੋਂ ਵੱਧ ਅਸਰ ਹੋ ਸਕੇ। ਸਿਵਲ ਹਸਪਤਾਲ ਵਿਚਲੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਰਾਬਤਾ ਕਰਕੇ ਜਲਦ ਹੀ ਬਲੱਡ ਬੈਂਕ ਨੂੰ ਮੁੜ ਸ਼ੁਰੂ ਕਰਵਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸ਼ਹਿਰ ਵਿਚ ਡੇਂਗੂ ਪ੍ਰਭਾਵਿਤ ਖੇਤਰਾਂ ਵਿਚ ਲਗਾਤਾਰ ਲੋੜੀਂਦੇ ਕਦਮ ਚੁੱਕਣ ਦੇ ਨਾਲ-ਨਾਲ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਲੋੜ ’ਤੇ ਜੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਖੇਤਰਾਂ ਵਿਚ ਡੇਂਗੂ ਦੇ ਵੱਧ ਕੇਸ ਸਾਹਮਣੇ ਆ ਰਹੇ ਉਨ੍ਹਾਂ ਇਲਾਕਿਆਂ ਵਿਚ ਨਿਰੰਤਰ ਚੈਕਿੰਗ ਨੂੰ ਯਕੀਨੀ ਬਣਾਇਆ ਜਾਵੇ। 

Post a Comment

0 Comments