ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ


ਜ਼ਿਲ੍ਹੇ ਦੀਆਂ ਮੰਡੀਆਂ 'ਚ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਕਣਕ ਦੀ ਖਰੀਦ ਪ੍ਰਕਿਰਿਆ, ਕਿਸਾਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟਾਇਆ

ਹੁਣ ਤੱਕ ਕਿਸਾਨਾਂ ਨੂੰ 761 ਕਰੋੜ ਰੁਪਏ ਦਾ ਭੁਗਤਾਨ, 3 ਲੱਖ 43 ਹਜ਼ਾਰ 596 ਮੀਟਰਕ ਟਨ ਤੋਂ ਵੱਧ ਹੋਈ ਕਣਕ ਦੀ ਖਰੀਦ

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਹੋਰ ਗੰਭੀਰਤਾ ਨਾਲ ਖਰੀਦ ਪ੍ਰਕਿਰਿਆ ਨੇਪਰੇ ਚਾੜ੍ਹਨ ਦੀ ਹਦਾਇਤ

ਪੰਜਾਬ ਸਰਕਾਰ ਵਲੋਂ ਕਣਕ ਦਾ ਇਕ-ਇਕ ਦਾਣਾ ਖਰੀਦਣ ਦੀ ਵਚਬੱਧਤਾ ਦੁਹਰਾਈ


ਜਲੰਧਰ, 26 ਅਪ੍ਰੈਲ (ਅਮਰਜੀਤ ਸਿੰਘ)-
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਪ੍ਰਕਿਰਿਆ ਚੱਲ ਰਹੀ ਹੈ, ਜਿਸ ਸਦਕਾ ਕਿਸਾਨਾਂ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ ਵੀ ਪ੍ਰਗਟਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਲਗਾਤਾਰ ਸਬੰਧਿਤ ਅਧਿਕਾਰੀਆਂ ਕੋਲੋਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਅੱਜ ਕੀਤੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹੋਰ ਗੰਭੀਰਤਾ ਨਾਲ ਖਰੀਦ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਖਰੀਦ ਪ੍ਰਬੰਧਾਂ, ਲਿਫਟਿੰਗ ਅਤੇ ਸਮੇਂ-ਸਿਰ ਅਦਾਇਗੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਲਈ ਸਹੂਲਤਾਂ ਪੱਖੋਂ ਕੋਈ ਕਮੀਂ ਨਹੀਂ ਰਹਿਣੀ ਚਾਹੀਦੀ।

       ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖਰੀਦ ਕੀਤੀ ਗਈ ਕਣਕ ਦੀ ਹੁਣ ਤੱਕ 761 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ 3,47,244 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 3,43,596 ਮੀਟਰਕ ਟਨ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕਰ ਲਈ ਗਈ ਹੈ।

      ਡਾ. ਅਗਰਵਾਲ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਜ਼ਿਲ੍ਹੇ ਦੀਆ 79 ਮੰਡੀਆਂ ਵਿੱਚ 5.25 ਲੱਖ ਮੀਟਰਕ ਟਨ ਕਣਕ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ  ਫ਼ਸਲ ਦੀ ਬੰਪਰ ਪੈਦਾਵਾਰ ਨੂੰ ਦੇਖਦਿਆਂ 23 ਆਰਜ਼ੀ ਮੰਡੀਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

      ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਦੁਹਰਉਂਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ।

      ਉਧਰ ਵੱਖ-ਵੱਖ ਮੰਡੀਆਂ ਵਿੱਚ ਆਪਣੀ ਫਸਲ ਲੈ ਕੇ ਆਏ ਕਿਸਾਨਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਵਲੋਂ ਖਰੀਦ ਕੇਂਦਰਾਂ ਵਿੱਚ ਯਕੀਨੀ ਬਣਾਏ ਗਏ ਸੁੱਚਜੇ ਪ੍ਰਬੰਧਾਂ ਲਈ ਧੰਨਵਾਦ ਵੀ ਪ੍ਰਗਟਾਇਆ।

     ਪਿੰਡ ਜਮਾਲਪੁਰ ਤੋਂ ਕਿਸਾਨ ਗੁਰਚਰਨ ਸਿੰਘ ਘੁੰਮਣ ਪੁੱਤਰ ਦਲਜੀਤ ਸਿੰਘ ਨੇ ਦੱਸਿਆ ਕਿ ਉਸ ਵਲੋਂ ਬੀਤੇ ਦਿਨ ਮੰਡੀ ਵਿੱਚ ਕਣਕ ਲਿਆਂਦੀ ਗਈ ਸੀ ਅਤੇ ਬਿਨ੍ਹਾਂ ਕਿਸੇ ਦਿੱਕਤ ਦੇ ਸਮੇਂ-ਸਿਰ ਕਣਕ ਦੀ ਤੁਲਾਈ ਉਪਰੰਤ ਅੱਜ ਅਦਾਇਗੀ ਹੋ ਗਈ।

      ਪਿੰਡ ਸੇਹਮ ਦੇ ਕਿਸਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ ਆਪਣੀ ਕਣਕ ਦੀ ਫ਼ਸਲ ਦਾਣਾ ਮੰਡੀ ਪ੍ਰਤਾਪਪੁਰਾ ਵਿਖੇ ਵੇਚਣ ਲਈ ਲੈ ਕੇ ਆਇਆ ਸੀ ਅਤੇ ਉਸ ਦੀ ਕਣਕ ਮਾਰਕਫੈਡ ਖ਼ਰੀਦ ਏਜੰਸੀ ਵਲੋਂ 2425 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦ ਕਰ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਪੀਣ ਲਈ ਪਾਣੀ, ਸਾਫ਼ ਸਫ਼ਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਬਹੁਤ ਹੀ ਵਧੀਆ ਢੰਗ ਨਾਲ ਕੀਤੇ ਗਏ ਹਨ, ਜਿਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟ ਕਰਦੇ ਹਨ।

      ਇਸੇ ਤਰ੍ਹਾਂ ਪਿੰਡ ਤਲਵੰਡੀ ਦੇ ਕਿਸਾਨ ਬਲਵਿੰਦਰ ਸਿੰਘ ਅਤੇ ਪਿੰਡ ਗੁੰਮਟਾਲੀ ਦੇ ਕਿਸਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਲਿਆਉਣ ਉਪਰੰਤ ਤੁਰੰਤ ਤੁਲਵਾਈ ਤੋਂ ਬਾਅਦ ਦੂਸਰੇ ਦਿਨ ਬੈਂਕ ਖਾਤੇ ਵਿੱਚ ਅਦਾਇਗੀ ਪ੍ਰਾਪਤ ਹੋ ਗਈ ਹੈ। ਪਿੰਡ ਰਾਮਾ ਦੇ ਕਿਸਾਨ ਜੁਝਾਰ ਸਿੰਘ ਪੁੱਤਰ ਬਲਦੇਵ ਸਿੰਘ ਨੇ ਦੱਸਿਆ ਕਿ ਉਹ ਬਿਲਗਾ ਮੰਡੀ ਵਿੱਚ ਆਪਣੀ ਕਣਕ ਦੀ ਫ਼ਸਲ ਵੇਚਣ ਲਈ ਲੈ ਕੇ ਆਇਆ ਸੀ। ਉਨ੍ਹਾਂ ਵੀ ਕਣਕ ਦੀ ਖਰੀਦ ਉਪਰੰਤ ਅਗਲੇ ਦਿਨ ਹੀ ਅਦਾਇਗੀ ਹੋਣ 'ਤੇ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟਾਇਆ।

Post a Comment

0 Comments