ਬਜ਼ੁਰਗਾਂ ਦੀ ਦੇਖਭਾਲ ਲਈ ਸਿਹਤ, ਯੋਗਾ ਤੇ ਮਨੋਵਿਗਿਆਨਕ ਸਹਾਇਤਾ ਸਬੰਧੀ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਬਜ਼ੁਰਗਾਂ ਨੂੰ ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾਣਗੇ
ਜਲੰਧਰ, 10 ਫਰਵਰੀ (ਅਮਰਜੀਤ ਸਿੰਘ)- ਬਜ਼ੁਰਗਾਂ ਦੀ ਭਲਾਈ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ 16 ਫਰਵਰੀ 2026 ਤੋਂ ‘ਸਾਡੇ ਬੁਜ਼ਰਗ ਸਾਡਾ ਮਾਣ’ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਦੱਸਿਆ ਕਿ ਮੁਹਿੰਮ ਤਹਿਤ ਬਜ਼ੁਰਗਾਂ ਦੀ ਦੇਖਭਾਲ ਲਈ ਸਿਹਤ, ਯੋਗਾ ਤੇ ਮਨੋਵਿਗਿਆਨਕ ਸਹਾਇਤਾ ਸਬੰਧੀ 16 ਮਾਰਚ 2026 ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਨੂੰ ਵਡੇਰੀ ਉਮਰ ’ਚ ਹੋਣ ਵਾਲੀਆਂ ਸਮੱਸਿਆਵਾਂ, ਜਿਨ੍ਹਾਂ ’ਚ ਅੱਖਾਂ ਦਾ ਮੋਤੀਆ, ਜੋੜਾਂ ਦਾ ਦਰਦ ਤੇ ਹੋਰ ਸਰੀਰਕ ਬਿਮਾਰੀਆਂ ਤੋਂ ਇਲਾਵਾ ਉਨ੍ਹਾਂ ਦੀ ਮਨੋਵਿਗਿਆਨਕ ਸਿਹਤ ਨੂੰ ਕਾਇਮ ਰੱਖਣ ਲਈ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾਣਗੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਕੈਂਪਾਂ ਸਬੰਧੀ ਸਮੇਂ ਸਿਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਕੈਂਪ ਵੀ ਲਗਾਏ ਜਾਣਗੇ। ਬਜ਼ੁਰਗਾਂ ਤੇ ਨੌਜਵਾਨਾਂ ’ਚ ਆਪਸੀ ਸੰਪਰਕ ਨੂੰ ਵਧਾਉਣ ਲਈ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਦਾ ਸਨਮਾਨ, ਸੁਰੱਖਿਆ ਅਤੇ ਦੇਖਭਾਲ ਕਰਨੀ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਬਜ਼ੁਰਗਾਂ ਦੀ ਭਲਾਈ ਲਈ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ’ਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਤੋਂ ਇਲਾਵਾ ਸਿਹਤ, ਯੁਵਕ ਸੇਵਾਵਾਂ, ਸਿੱਖਿਆ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
.jpg)
.jpg)
0 Comments